ਨਿਊਜ਼ ਪੰਜਾਬ
4 ਨਵੰਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਡੀਏ ਦੀ ਦਰ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਧਿਆ ਹੋਇਆ ਡੀਏ ਨਵੰਬਰ ਦੀ ਤਨਖਾਹ ਅਤੇ ਦਸੰਬਰ ਦੀ ਪੈਨਸ਼ਨ ਵਿੱਚ ਜੋੜਿਆ ਜਾਵੇਗਾ। ਮੁੱਖ ਮੰਤਰੀ ਮੁਤਾਬਕ, ਇਸ ਫੈਸਲੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਾਲਾਨਾ ਲਗਭਗ 363 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਸਰਕਾਰ ਬਣਨ ਸਮੇਂ ਡੀਏ ਦੀ ਦਰ 28 ਫੀਸਦੀ ਸੀ, ਜੋ ਹੁਣ ਵਧ ਕੇ 53 ਫੀਸਦੀ ਹੋ ਗਈ ਹੈ। ਸਰਕਾਰ ਅਨੁਸਾਰ ਪਿਛਲੇ ਕੁਝ ਮਹੀਨਿਆਂ ਦੌਰਾਨ ਕੀਤੇ ਗਏ ਵਾਧਿਆਂ ਨਾਲ ਮੁਲਾਜ਼ਮਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
