ਨਿਊਜ਼ ਪੰਜਾਬ
4 ਨਵੰਬਰ,2026
ਪੰਜਾਬ ਦੀ ਸਿਆਸਤ ਵਿੱਚ ਨਵਾਂ ਘਟਨਾਕ੍ਰਮ ਸਾਹਮਣੇ ਆਇਆ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਅਕਾਲੀ ਧੜਿਆਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਿਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਅਕਾਲੀ ਅਤੇ ਪੰਥਕ ਸੰਗਠਨਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਅਤੇ ਕੰਮ ਕਰਨ ਦੇ ਤਰੀਕੇ ਵਿੱਚ ਸਹਿਮਤੀ ਨਾ ਬਣਨ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਪੰਜਾਬ ਅਤੇ ਪੰਥ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰੀਆਂ ਪੰਜਾਬ ਪੱਖੀ ਤਾਕਤਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਸੰਗਠਨ ਤੋਂ ਵੱਖ ਹੋਣ ਦੇ ਬਾਵਜੂਦ ਪੰਜਾਬ, ਪੰਥ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਹੱਕਾਂ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
