ਪੰਜਾਬ ਸਰਕਾਰ ਦੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

6 ਨਵੰਬਰ,2026

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਅਤੇ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਧਿਰਾਂ ਦੀ ਸੰਯੁਕਤ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਆਪਣੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਸਕੱਤਰ ਨੂੰ ਸੌਂਪਿਆ ਹੈ ਅਤੇ ਇਸ ਦੇ ਪਿੱਛੇ ਘਰੇਲੂ ਮਜਬੂਰੀਆਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਫਿਲਹਾਲ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਅਤੇ ਇਸ ‘ਤੇ ਕਈ ਇਤਰਾਜ਼ ਲਗਾਏ ਹਨ। ਖਹਿਰਾ ਨੇ ਕਿਹਾ ਹੈ ਕਿ ਉਹ ਪਹਿਲਾਂ ਇਤਰਾਜ਼ ਦੂਰ ਕਰਨਗੇ ਅਤੇ ਜੇਕਰ ਫਿਰ ਵੀ ਅਸਤੀਫ਼ਾ ਮਨਜ਼ੂਰ ਨਾ ਹੋਇਆ ਤਾਂ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ। ਉਨ੍ਹਾਂ ਨੇ ਸਾਲ 2001 ਵਿੱਚ ਕਲਰਕ ਵਜੋਂ ਨੌਕਰੀ ਸ਼ੁਰੂ ਕੀਤੀ ਸੀ ਅਤੇ ਇਸ ਸਮੇਂ ਉਹ ਸੁਪਰਡੈਂਟ ਗਰੇਡ-1 ਦੇ ਅਹੁਦੇ ‘ਤੇ ਤਾਇਨਾਤ ਹਨ। ਇਸ ਦੌਰਾਨ ਚਰਚਾਵਾਂ ਇਹ ਵੀ ਹਨ ਕਿ ਉਹ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਇਸ ਸਬੰਧੀ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।