ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ, ਪੋਤੇ ਨੂੰ ਆਖਰੀ ਵਾਰ ਦੇਖਣ ਦੀ ਰਹਿ ਗਈ ਇੱਛਾ

ਨਿਊਜ਼ ਪੰਜਾਬ

9 ਨਵੰਬਰ,2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰਿਵਾਰ ਮੁਤਾਬਕ ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ ਅਤੇ ਬ੍ਰੇਨ ਹੈਮਰੇਜ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ। ਮਾਤਾ ਚਰਨ ਕੌਰ ਦੀ ਆਖਰੀ ਇੱਛਾ ਸੀ ਕਿ ਉਹ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ, ਪਰ ਇਹ ਇੱਛਾ ਪੂਰੀ ਨਹੀਂ ਹੋ ਸਕੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਦਾਲਤ ਦੇ ਹੁਕਮਾਂ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਵਾਈ ਗਈ ਸੀ। ਹੁਣ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਦੋਹਤੇ ਸੁਖਮਨਜੀਤ ਸਿੰਘ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।