ਰਾਏਕੋਟ ’ਚ ਦੀਵਾਲੀ ਦੀ ਰਾਤ ਦਰਦਨਾਕ ਹਾਦਸਾ, ਪਟਾਕਾ ਫਟਣ ਕਾਰਨ 14 ਸਾਲਾ ਸਾਕਿਤ ਮਿੱਤਲ ਦੀ ਮੌਤ

ਨਿਊਜ਼ ਪੰਜਾਬ

9 ਨਵੰਬਰ,2026

ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਪਟਾਕੇ ਚਲਾਉਂਦੇ ਸਮੇਂ ਇੱਕ 14 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਕਿਤ ਮਿੱਤਲ ਵਜੋਂ ਹੋਈ ਹੈ, ਜੋ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਸਾਕਿਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ਦੀ ਛੱਤ ’ਤੇ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ ਇੱਕ ਪਟਾਕਾ ਨਾ ਚੱਲਣ ਕਾਰਨ ਜਦੋਂ ਉਹ ਦੁਬਾਰਾ ਉਸ ਦੇ ਨੇੜੇ ਗਿਆ ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਪਟਾਕਾ ਉਸ ਦੀ ਗਰਦਨ ਦੇ ਕੋਲ ਫਟ ਗਿਆ। ਇਸ ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਸੋਮਵਾਰ ਨੂੰ ਸਾਕਿਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਅਤੇ ਇੱਕ ਵਾਰ ਫਿਰ ਪਟਾਕੇ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਨੂੰ ਉਜਾਗਰ ਕੀਤਾ ਹੈ।