ਨਿਊਜ਼ ਪੰਜਾਬ
9 ਨਵੰਬਰ,2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਚੋਣ ਕਮਿਸ਼ਨਰ ਨਵੰਬਰ ਦੇ ਅੰਤ ਤੱਕ ਪੰਜਾਬ ਦਾ ਦੌਰਾ ਕਰਨਗੇ, ਜਿੱਥੇ ਉਹ ਚੋਣ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਦੌਰੇ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ, ਸੁਰੱਖਿਆ ਪ੍ਰਬੰਧਾਂ, ਸੰਵੇਦਨਸ਼ੀਲ ਪੋਲਿੰਗ ਬੂਥਾਂ ਅਤੇ EVM-VVPAT ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ, ਜਨਵਰੀ 2027 ਦੇ ਪਹਿਲੇ ਹਫ਼ਤੇ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ, ਜਦਕਿ ਵੋਟਿੰਗ ਫਰਵਰੀ ਦੇ ਅਖੀਰ ਜਾਂ ਮਾਰਚ ਦੀ ਸ਼ੁਰੂਆਤ ਵਿੱਚ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਇਸ ਤੋਂ ਪਹਿਲਾਂ ਚੋਣ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੋਵੇਗੀ ।
