ਨਿਊਜ਼ ਪੰਜਾਬ
11 ਨਵੰਬਰ,2026
ਸੰਗਰੂਰ ਤੋਂ ਸਵੇਰੇ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਪੀਆਰਟੀਸੀ ਦੀ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੱਸ ਬੇਕਾਬੂ ਹੋ ਕੇ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ, ਜਿੱਥੇ ਗੰਭੀਰ ਹਾਲਤ ਵਾਲੇ 10 ਮਰੀਜ਼ਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜਾਰੀ ਹੈ।
