ਨਿਊਜ਼ ਪੰਜਾਬ
14 ਨਵੰਬਰ,2026
ਹਰਿਆਣਾ ਦੇ ਕੈਥਲ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਘਰ ਪਰਤ ਰਹੇ ਸੱਤ ਨੌਜਵਾਨਾਂ ਦੀ ਕਾਰ ਬੇਕਾਬੂ ਹੋ ਕੇ ਪੁਲ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਤਿੰਨ ਚਚੇਰੇ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ 22 ਸਾਲਾ ਅਜੈ ਕੁਮਾਰ, 20 ਸਾਲਾ ਨਵਦੀਪ ਅਤੇ 32 ਸਾਲਾ ਪ੍ਰਦੀਪ ਕੁਮਾਰ ਵਜੋਂ ਹੋਈ ਹੈ। ਸਾਰੇ ਨੌਜਵਾਨ ਪਿੰਡ ਕਰੋੜਾ ਦੇ ਰਹਿਣ ਵਾਲੇ ਸਨ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਕਾਰਨ ਪਿੰਡ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ।
