ਨਿਊਜ਼ ਪੰਜਾਬ
14 ਨਵੰਬਰ,2026
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਰੌਸ਼ਨ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਸਰਕਾਰ ਦੇ ਨਵੇਂ ਪ੍ਰਾਜੈਕਟ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਕੁੱਲ 3 ਲੱਖ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪ੍ਰਾਜੈਕਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਦੇ ਪਿੰਡ ਬਿਗੜਵਾਲ ਤੋਂ ਕੀਤੀ। ਇਸ ਯੋਜਨਾ ’ਤੇ ਕੁੱਲ 380 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਮੰਤਰੀ ਅਨੁਸਾਰ ਹੁਣ ਤੱਕ 50 ਹਜ਼ਾਰ ਸੋਲਰ ਲਾਈਟਾਂ ਦਾ ਆਰਡਰ ਦਿੱਤਾ ਜਾ ਚੁੱਕਾ ਹੈ ਅਤੇ 4,800 ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ। ਜਲਦ ਹੀ ਹੋਰ 10 ਹਜ਼ਾਰ ਲਾਈਟਾਂ ਲਗਾਉਣ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਕੁੱਲ ਖਰਚੇ ਦਾ 70 ਫੀਸਦੀ ਹਿੱਸਾ ਪੰਜਾਬ ਸਰਕਾਰ ਦੇਵੇਗੀ, ਜਦਕਿ ਬਾਕੀ 30 ਫੀਸਦੀ ਰਕਮ ਗ੍ਰਾਮ ਪੰਚਾਇਤਾਂ ਵੱਲੋਂ ਅਦਾ ਕੀਤੀ ਜਾਵੇਗੀ।
