ਪੰਜਾਬ ‘ਚ AGTF ਦਾ ਐਕਸ਼ਨ, 11 ਨਾਜਾਇਜ਼ ਪਿਸਤੌਲਾਂ ਤੇ 191 ਕਾਰਤੂਸ ਬਰਾਮਦ

ਨਿਊਜ਼ ਪੰਜਾਬ

15 ਨਵੰਬਰ,2026

ਪੰਜਾਬ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਰਨਤਾਰਨ ਵਿੱਚ ਇੱਕ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਕੋਲੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ, ਵਿਦੇਸ਼ੀ ਸੰਚਾਲਕਾਂ ਅਤੇ ਹਥਿਆਰਾਂ ਦੀ ਸਪਲਾਈ ਲੜੀ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।