ਨਿਊਜ਼ ਪੰਜਾਬ
17 ਨਵੰਬਰ,2026
ਉੱਤਰਾਖੰਡ ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਵਾਪਰੇ ਦਰਦਨਾਕ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਟਿਹਰੀ ਅਤੇ ਰੁਦਰਪ੍ਰਯਾਗ ਜ਼ਿਲ੍ਹਿਆਂ ਵਿੱਚ ਹੋਏ ਇਨ੍ਹਾਂ ਹਾਦਸਿਆਂ ਦੌਰਾਨ ਕਰੀਬ 13 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪਹਿਲਾ ਹਾਦਸਾ ਟਿਹਰੀ ਜ਼ਿਲ੍ਹੇ ਦੇ ਮੁਨੀ ਕੀ ਰੇਤੀ ਇਲਾਕੇ ਵਿੱਚ ਵਾਪਰਿਆ, ਜਿੱਥੇ ਹਰਿਦੁਆਰ ਤੋਂ ਚਮੋਲੀ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਗੁਲਰ ਬਾਜ਼ਾਰ ਨੇੜੇ ਪੁਲ ਤੋਂ ਲਗਭਗ 100 ਮੀਟਰ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਦੂਜਾ ਹਾਦਸਾ ਰੁਦਰਪ੍ਰਯਾਗ ਜ਼ਿਲ੍ਹੇ ਦੇ ਅਗਸਤਿਆਮੁਨੀ ਇਲਾਕੇ ਵਿੱਚ ਵਾਪਰਿਆ, ਜਿੱਥੇ ਇੱਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ ਅਤੇ ਚਾਰ ਲੋਕਾਂ ਦੀ ਜਾਨ ਚਲੀ ਗਈ, ਜਦਕਿ ਛੇ ਹੋਰ ਜ਼ਖਮੀ ਹੋ ਗਏ। ਹਾਦਸਿਆਂ ਦੀ ਸੂਚਨਾ ਮਿਲਦੇ ਹੀ ਪੁਲਿਸ, ਐਸਡੀਆਰਐਫ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਉੱਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੋਵਾਂ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਤੁਰੰਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।
