ਨਿਊਜ਼ ਪੰਜਾਬ
18 ਨਵੰਬਰ,2026
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੀ ਆਰਜ਼ੀ ਰਿਹਾਈ ਦੇਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਅਦਾਲਤੀ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ। ਪਰਿਵਾਰ ਵੱਲੋਂ ਵਕੀਲ ਰਿਤੁਰਾਜ ਸਿੰਘ ਰਾਹੀਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਸਮੇਤ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਅਦਾਲਤ ਨੇ ਸਿਰਫ਼ 21 ਨਵੰਬਰ ਨੂੰ ਤਿੰਨ ਘੰਟਿਆਂ ਲਈ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦਾ ਸਾਰਾ ਖਰਚਾ ਉਨ੍ਹਾਂ ਦੇ ਪਰਿਵਾਰ ਨੂੰ ਹੀ ਚੁੱਕਣਾ ਪਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਰਿਵਾਰ ਵੱਲੋਂ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ, ਪਰ ਘੱਟ ਸਮੇਂ ਵਿੱਚ ਕਾਨੂੰਨੀ ਕਾਰਵਾਈ ਅਤੇ ਆਸਾਮ ਤੋਂ ਪੰਜਾਬ ਤੱਕ ਲਿਆਉਣ ਦੀਆਂ ਪ੍ਰਬੰਧਕੀ ਮੁਸ਼ਕਲਾਂ ਕਾਰਨ ਪਰਿਵਾਰ ਨੇ ਮੁੜ ਅਦਾਲਤ ਦਾ ਰੁਖ ਕੀਤਾ ਸੀ।
