ਨਿਊਜ਼ ਪੰਜਾਬ
20 ਨਵੰਬਰ,2026
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਫੂਲ ਚੰਦ ਮੁਲਾਣਾ ਦਾ ਸ਼ੁੱਕਰਵਾਰ ਸਵੇਰੇ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਸਵੇਰੇ ਕਰੀਬ 9 ਵਜੇ ਆਖਰੀ ਸਾਹ ਲਏ। ਫੂਲ ਚੰਦ ਮੁਲਾਣਾ ਹਰਿਆਣਾ ਕਾਂਗਰਸ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹਿਣ ਵਾਲੇ ਆਗੂ ਸਨ। ਉਨ੍ਹਾਂ ਨੇ ਕਰੀਬ ਸਾਢੇ ਛੇ ਸਾਲ ਪਾਰਟੀ ਦੀ ਕਮਾਨ ਸੰਭਾਲੀ ਅਤੇ ਮੁਲਾਣਾ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਚੁਣੇ ਗਏ। ਸਾਲ 2005 ਵਿੱਚ ਉਹ ਭੁਪਿੰਦਰ ਸਿੰਘ ਹੁੱਡਾ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਬਣੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਕਾਂਗਰਸ ਪਾਰਟੀ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
