ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ, ਵੋਟਰ ਸੂਚੀ ‘ਚ ਨਾਮ ਦਰਜ ਕਰਵਾਉਣ ਤੇ ਗਲਤੀਆਂ ਸੁਧਾਰਨ ਦਾ ਮਿਲੇਗਾ ਮੌਕਾ

ਨਿਊਜ਼ ਪੰਜਾਬ

20 ਨਵੰਬਰ,2026

ਪੰਜਾਬ ਦੇ ਵੋਟਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 22 ਨਵੰਬਰ 2026 ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ ਵਿਸ਼ੇਸ਼ ਸੰਖੇਪ ਸੁਧਾਈ (SSR) 2027 ਤਹਿਤ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਲੋਕ ਖਰੜਾ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨ ਦੇ ਨਾਲ-ਨਾਲ ਨਵੀਂ ਵੋਟ ਬਣਵਾਉਣ, ਗਲਤੀਆਂ ਠੀਕ ਕਰਵਾਉਣ ਅਤੇ ਹੋਰ ਚੋਣ ਸਬੰਧੀ ਸੇਵਾਵਾਂ ਲਈ ਅਰਜ਼ੀਆਂ ਦੇ ਸਕਣਗੇ। ਉਨ੍ਹਾਂ ਦੱਸਿਆ ਕਿ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 6 ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹਨ। ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਆਖਰੀ ਮਿਤੀ 11 ਦਸੰਬਰ 2026 ਹੈ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਦਰਜ ਕਰਵਾਉਣ।