ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੱਡੀ ਕਾਰਵਾਈ, ਕਮੇਟੀ ਦੇ ਦੋ ਮੈਂਬਰਾਂ ’ਤੇ ਲਗਾਈ ਰੋਕ0

ਨਿਊਜ਼ ਪੰਜਾਬ

22 ਨਵੰਬਰ,2026

ਨਵੀਂ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ 15 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੂੰ ਅਗਲੇ ਫੈਸਲੇ ਤੱਕ ਕਿਸੇ ਵੀ ਧਾਰਮਿਕ ਅਤੇ ਪੰਥਕ ਗਤੀਵਿਧੀ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸਬੰਧਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਗੁਰਦੁਆਰਾ ਪ੍ਰਬੰਧ ਸੰਭਾਲਣ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਦਰਅਸਲ, ਇਸ ਮਾਮਲੇ ਸਬੰਧੀ ਸਾਰੇ ਸਬੰਧਤ ਮੈਂਬਰਾਂ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੁਲਾਇਆ ਗਿਆ ਸੀ, ਜਿੱਥੇ ਜਥੇਦਾਰ ਸਾਹਿਬ ਨੇ ਸ਼ਿਕਾਇਤਕਰਤਾ ਅਤੇ ਪ੍ਰਬੰਧਕਾਂ ਦਾ ਪੱਖ ਸੁਣਨ ਦੇ ਨਾਲ-ਨਾਲ ਉਨ੍ਹਾਂ ਤੋਂ ਸਪੱਸ਼ਟੀਕਰਨ ਵੀ ਹਾਸਲ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਹ ਕਮੇਟੀ ਬੇਅਦਬੀ ਦੀ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕਰੇਗੀ ਅਤੇ 15 ਤੋਂ 17 ਨਵੰਬਰ ਤੱਕ ਦੀ ਸੀਸੀਟੀਵੀ ਫੁਟੇਜ ਵੀ ਆਪਣੀ ਰਿਪੋਰਟ ਵਿੱਚ ਸ਼ਾਮਲ ਕਰੇਗੀ। ਜਾਂਚ ਕਮੇਟੀ ਨੂੰ 2 ਦਸੰਬਰ 2026 ਤੱਕ ਆਪਣੀ ਸਮੁੱਚੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਵੀ ਕੀਤੀ ਜਾਵੇਗੀ।