ਤਾਮਿਲਨਾਡੂ ’ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਵੈਨ ਦਰੱਖਤ ਨਾਲ ਟਕਰਾਈ, 8 ਲੋਕਾਂ ਦੀ ਮੌਤ ਤੇ 2 ਗੰਭੀਰ ਜ਼ਖ਼ਮੀ

ਨਿਊਜ਼ ਪੰਜਾਬ

23 ਨਵੰਬਰ,2026

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 8 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਥੁਰੈਯੂਰ-ਮੁਸੀਰੀ ਮਾਰਗ ’ਤੇ ਜੰਬੂਨਾਥਾਪੁਰਮ ਨੇੜੇ ਉਸ ਸਮੇਂ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਵੈਨ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਸਪਤਾਲ ਵਿੱਚ ਇਲਾਜ ਦੌਰਾਨ ਤਿੰਨ ਹੋਰ ਜ਼ਖ਼ਮੀਆਂ ਨੇ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਸਥਾਨਕ ਲੋਕਾਂ ਨੇ ਰਾਹਤ ਕਾਰਜ ਚਲਾਉਂਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਦਰਦਨਾਕ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।