ਨਿਊਜ਼ ਪੰਜਾਬ
26 ਨਵੰਬਰ,2026
ਮਿਸਰ ਦੀ ਰਾਜਧਾਨੀ ਕਾਹਿਰਾ ਦੇ ਰਿੰਗ ਰੋਡ ‘ਤੇ ਬੁੱਧਵਾਰ ਨੂੰ ਇੱਕ ਤੇਲ ਟੈਂਕਰ ਦੇ ਬੇਕਾਬੂ ਹੋ ਕੇ ਪਲਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਟੈਂਕਰ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਨੇੜੇ ਖੜ੍ਹੀਆਂ ਤੇ ਸੜਕ ਤੋਂ ਲੰਘ ਰਹੀਆਂ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦਰਦਨਾਕ ਹਾਦਸੇ ਵਿੱਚ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖਮੀ ਹੋ ਗਏ। ਅੱਗ ‘ਤੇ ਕਾਬੂ ਪਾਉਣ ਅਤੇ ਬਚਾਅ ਕਾਰਜਾਂ ਲਈ 39 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।
