ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੇ ਫੰਡ ਦਾ ਐਲਾਨ

ਨਿਊਜ਼ ਪੰਜਾਬ

27 ਨਵੰਬਰ,2026

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ 100 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਰਜਿਸਟਰਡ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਨੂੰ ਇਸ ਫੰਡ ਦਾ ਲਾਭ ਮਿਲੇਗਾ। ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਦੀਆਂ 228 ਅਤੇ ਪੇਂਡੂ ਖੇਤਰਾਂ ਦੀਆਂ 272 ਗਊਸ਼ਾਲਾਵਾਂ ਨੂੰ ਫੰਡ ਮੁਹੱਈਆ ਕਰਵਾਇਆ ਜਾਵੇਗਾ। ਇਸ ਤਹਿਤ ਪ੍ਰਤੀ ਪਸ਼ੂ 4,538 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਲਗਭਗ 2.20 ਲੱਖ ਗਊਧਨ ਨੂੰ ਇਸ ਦਾ ਲਾਭ ਮਿਲੇਗਾ। ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ ਕਰ ਦਿੱਤੇ ਗਏ ਹਨ ਅਤੇ ਪੁਰਾਣੇ ਬਕਾਇਆ ਬਿੱਲ ਵੀ ਮੁਆਫ ਹੋਣਗੇ। ਉਨ੍ਹਾਂ ਮੁਤਾਬਕ ਫੰਡ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਨਾਲ ਗਊਸ਼ਾਲਾਵਾਂ ਨੂੰ ਪਸ਼ੂਆਂ ਦੀ ਸੰਭਾਲ ਅਤੇ ਚਾਰੇ ਆਦਿ ਦੇ ਪ੍ਰਬੰਧਾਂ ਵਿੱਚ ਵੱਡੀ ਰਾਹਤ ਮਿਲੇਗੀ।