ਨਿਊਜ਼ ਪੰਜਾਬ
27 ਨਵੰਬਰ,2026
ਪੰਜਾਬ ਦੇ ਬਠਿੰਡਾ ਵਿੱਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਖੁਫੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਅਤੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਫੜੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਪਿੰਡ ਜਖਰਵਾਂ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ISI ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਬਠਿੰਡਾ ਛਾਉਣੀ ਦੀਆਂ ਸੰਵੇਦਨਸ਼ੀਲ ਫੌਜੀ ਸਥਾਪਨਾਵਾਂ ਦੀ ਜਾਣਕਾਰੀ, ਥਾਵਾਂ ਅਤੇ ਹੋਰ ਗੁਪਤ ਵੇਰਵੇ ਇਕੱਠੇ ਕਰਕੇ ਸਰਹੱਦ ਪਾਰ ਭੇਜਦਾ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਉਸਨੇ ਕਿੰਨੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਜਾਸੂਸੀ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਫਿਰੋਜ਼ਪੁਰ ਵਿੱਚ ਤਿੰਨ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਨਾਲ ਸਬੰਧਤ ਮਾਮਲੇ ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਬਠਿੰਡਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
