ਲੁਧਿਆਣਾ ਵਿੱਚ 586 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼ – ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੀਤੀ ਅਪੀਲ

ਨਿਊਜ਼ ਪੰਜਾਬਅਪੀਲ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ

ਲੁਧਿਆਣਾ, 4 ਜੁਲਾਈ ( ਨਿਊਜ਼ ਪੰਜਾਬ ) -ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦਾ ਸਮੇਂ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 586 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 36902 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 35725 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 34518 ਨਤੀਜੇ ਨੈਗੇਟਿਵ ਆਏ ਹਨ, ਜਦਕਿ 1177 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 993 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 214 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 24 ਮੌਤਾਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 25 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ 14620 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2724 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 238 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1012 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।