ਲੁਧਿਆਣਾ ਵਿੱਚ ਅੱਜ ਕੋਰੋਨਾ ਵਾਇਰਸ ਦੇ ਪੀੜਤ 34 ਮਰੀਜ਼ ਸਾਹਮਣੇ ਆਏ – 83 ਸਾਲ ਦੇ ਵਿਅਕਤੀ ਦੀ ਹੋਈ ਮੌਤ
News Punjab ਲੁਧਿਆਣਾ ਵਿੱਚ ਅੱਜ ਕੋਰੋਨਾ ਵਾਇਰਸ ਨਾਲ ਪੀੜਤ 34 ਮਰੀਜ਼ ਸਾਹਮਣੇ ਆਏ ਹਨ ਜਦੋ ਕਿ ਇੱਕ 83 ਸਾਲ ਦੇ ਵਿਅਕਤੀ ਦੀ ਸੀ ਐਮ ਸੀ ਹਸਪਤਾਲ ਵਿਖੇ ਮੌਤ ਹੋ ਗਈ I ਮ੍ਰਿਤਕ ਕਈ ਹੋਰ ਬਿਮਾਰੀਆਂ ਨਾਲ ਪੀੜਤ ਹੋਣ ਕਾਰਨ ਹਸਪਤਾਲ ਦਾਖਲ ਹੋਇਆ ਸੀ ਅਤੇ ਚੈੱਕ ਕਰਨ ਤੇ ਉਸ ਦਾ ਟੈਸਟ ਪੋਜ਼ੀਟਿਵ ਆਇਆ ਸੀ I
ਨਿਊਜ਼ ਪੰਜਾਬ
ਲੁਧਿਆਣਾ, 11 ਜੁਲਾਈ – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 570 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 42349 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 41121 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 39575 ਨਤੀਜੇ ਨੈਗੇਟਿਵ ਆਏ ਹਨ, ਜਦਕਿ 1228 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1300 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 246 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 31 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 27 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 15936 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2395 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 221 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1049 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।