ਪਟਿਆਲਾ – ਡੀ.ਸੀ., ਐਸ.ਐਸ.ਪੀ. ਤੇ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦਾ ਦੌਰਾ -ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ-ਕੁਮਾਰ ਅਮਿਤ

ਨਿਊਜ਼ ਪੰਜਾਬ
ਪਟਿਆਲਾ, 14 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸਕੱਤਰ, ਗ੍ਰਹਿ ਤੇ ਨਿਆਂ ਮਾਮਲੇ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਸਮਾਜਿਕ ਇਕੱਠਾਂ, ਹੋਰ ਇਕੱਠਾਂ, ਕੰਮ ਦੇ ਸਥਾਨਾਂ ਆਦਿ ਸਬੰਧੀਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਅੱਜ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਏ.ਡੀ.ਸੀ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਨੂੰ ਨਾਲ ਲੈਕੇ ਰਾਘੋ ਮਾਜਰਾ, ਤੋਪਖਾਨ ਮੋੜ, ਕੜਾਹ ਵਾਲਾ ਚੌਂਕ ਆਦਿ ਕੰਟੇਨਮੈਂਟ ਜੋਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਕੀਤੇ ਐਲਾਨ ਮੁਤਾਬਕ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਾਰੀ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦਾ ਹਿੱਸੇ ਵਜੋਂ ਜਾਰੀ ਕਰਦਿਆਂ ਜਨਤਕ ਇਕੱਤਰਤਾ ਨੂੰ ਪੰਜ ਵਿਅਕਤੀਆਂ ਤੱਕ ਅਤੇ ਵਿਆਹ/ਹੋਰ ਸਮਾਜਿਕ ਸਮਾਗਮਾਂ ‘ਚ 50 ਦੀ ਬਜਾਏ 30 ਵਿਅਕਤੀਆਂ ਦੀ ਇਕੱਤਰਤਾ ਤੱਕ ਸੀਮਿਤ ਕੀਤਾ ਹੈ।
ਪਰੰਤੂ ਅੰਤਿਮ ਸਸਕਾਰ ਦੇ ਮਾਮਲੇ ‘ਚ 20 ਜਣਿਆਂ ਦੀ ਗਿਣਤੀ ‘ਚ ਕੋਈ ਤਬਦੀਲੀ ਨਹੀਂ ਕੀਤੀ। ਮੈਰਿਜ ਪੈਲੇਸਾਂ/ਹੋਟਲਾਂ/ਹੋਰ ਵਪਾਰਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਮਾਣਿਤ ਕਰਨਾ ਲਾਜਮੀ ਹੋਵੇਗਾ ਕਿ ਅੰਦਰੂਨੀ ਥਾਵਾਂ ਤੋਂ ਹਵਾ ਦੀ ਨਿਕਾਸੀ ਲਈ ਢੁਕਵੇਂ ਬੰਦੋਬਸਤ ਕੀਤੇ ਗਏ ਹਨ ਅਤੇ ਜਿਹੜੇ ਮੈਰਿਜ ਪੈਲੇਸ, ਹੋਟਲ ਆਦਿ ਇਨ੍ਹਾਂ ਹੁਕਮਾਂ ਦੀ ਪਾਲਣਾਂ ਨਹੀਂ ਕਰਨਗੇ, ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਹੋਰ ਸਮਾਜਿਕ ਇਕੱਤਰਤਾ ਦੀ ਆਗਿਆ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੰਮ ਵਾਲੀਆਂ ਥਾਵਾਂ/ਦਫਤਰਾਂ/ਤੰਗ ਥਾਵਾਂ ‘ਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ/ਹਵਾ ਦੇ ਗੇੜ ‘ਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।
ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਫ਼ਤਰਾਂ ‘ਚ ਜਨਤਕ ਕੰਮਕਾਜ ਨੂੰ ਲੋੜ ਅਧਾਰਿਤ ਅਤੇ ਹੰਗਾਮੀ ਮਸਲਿਆਂ ਨੂੰ ਨਿਪਟਾਉਣ ਤੱਕ ਸੀਮਿਤ ਕੀਤਾ ਜਾ ਸਕਦਾ ਹੈ। ਕੋਵਿਡ ਲਈ ਸੋਧੇ ਹੋਏ ਪ੍ਰਬੰਧਨ ਅਤੇ ਸੀਮਿਤ ਰਣਨੀਤੀ ਦੇ ਮੁਤਾਬਕ ਐਸੋਸੀਏਸ਼ਨਾਂ ਦੇ ਮੰਗ ਪੱਤਰਾਂ ਦੀ ਵਿਵਹਾਰਕ ਪੇਸ਼ਕਾਰੀ ਨਹੀਂ ਹੋਵੇਗੀ, ਚਾਹ ਵਰਤਾਉਣ ਆਦਿ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਕੰਮ ਵਾਲੀ ਥਾਂ ‘ਤੇ ਪੰਜ ਤੋਂ ਵੱਧ ਵਿਅਕਤੀਆਂ ਦਾ ਮੀਟਿੰਗ ਕਰਨਾ ਵੀ ਵਰਜਿਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਈ ਜਾਵੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕਿ ਕੋਵਿਡ-19 ਦੇ ਬਾਕੀ ਇਹਤਿਆਤਨ ਪ੍ਰੋਟੋਕਾਲਜ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਅਤੇ 60 ਸਮੇਤ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।