ਪਟਿਆਲਾ – ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣਾ ਸਾਡਾ ਸਭ ਦਾ ਸਾਂਝਾ ਫਰਜ਼-ਕੁਮਾਰ ਅਮਿਤ – ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੰਜਮ ਵਰਤਦੇ ਹੋਏ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ
ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਨਿਵਾਸੀ ਮਾਸਕ ਜਰੂਰ ਪਾਉਣ ਤੇ ਆਪਸੀ ਦੂਰੀ ਬਣਾ ਕੇ ਰੱਖਣ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਪਟਿਆਲਾ, 14 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭ ਕੀਤੇ ਮਿਸ਼ਨ ਫ਼ਤਿਹ ਦੀ ਕਾਮਯਾਬੀ ਅਤੇ ਕੋਵਿਡ-19 ਤੋਂ ਬਚਾਅ ਲਈ ਮਾਸਕ ਪਾਉਣ, ਆਪਸੀ ਦੂਰੀ ਰੱਖਣ ਸਮੇਤ ਜਰੂਰੀ ਇਹਤਿਆਤ ਜਰੂਰ ਵਰਤੇ ਜਾਣ।
ਪੰਜਾਬ ਸਮੇਤ ਪਟਿਆਲਾ ਜ਼ਿਲ੍ਹੇ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾਵਾਇਰਸ ਦੀ ਲਾਗ ਦੇ ਕੇਸ ਵਧਣ ਦਾ ਜਿਕਰ ਕਰਦਿਆਂ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸੰਜਮ ਵਰਤਿਆਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਹਿਯੋਗ ਦਿੱਤਾ, ਹੁਣ ਕੁਝ ਸਮਾਂ ਹੋਰ ਸਹਿਯੋਗ ਦਿੰਦਿਆਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ‘ਚ ਆਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜੇਕਰ ਕਿਸੇ ਨੂੰ ਖਾਂਸੀ, ਜੁਕਾਮ ਜਾਂ ਕੋਵਿਡ ਦਾ ਕੋਈ ਹੋਰ ਲੱਛਣ ਹੋਵੇ ਤਾਂ ਇਸ ਸਬੰਧੀਂ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾਂ ਡਾਕਟਰੀ ਸਹਾਇਤਾ ਲਈ 104 ਨੰਬਰ ਡਾਇਲ ਕਰੋ। ਉਨ੍ਹਾਂ ਕਿਹਾ ਕਿ ਇਹ ਵੀ ਮਹੱਤਵਪੂਰਨ ਹੈ ਕਿ ਜੇਕਰ ਤੁਹਾਡੇ ਘਰਾਂ ‘ਚ ਬਜੁਰਗ, ਛੋਟੇ ਬੱਚੇ, ਗਰਭਵਤੀ ਮਹਿਲਾ ਜਾਂ ਕਿਸੇ ਗੰਭੀਰ ਬਿਮਾਰੀ ਦੇ ਸ਼ਿਕਾਰ ਹੋਣ ਤਾਂ ਉਨ੍ਹਾਂ ਦਾ ਖਾਸ ਖਿਆਲ ਰੱਖਿਆ ਜਾਵੇ।