ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮ ਵੀ ਕੋਵਿਡ ਤੋਂ ਬਚਾਅ ਲਈ ਆਮ ਲੋਕਾਂ ਨੂੰ ਕਰ ਰਹੇ ਹਨ ਜਾਗਰੂਕ – 16 ਜੁਲਾਈ ਨੂੰ ਫੇਰ ਤੋਂ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਨਿਊਜ਼ ਪੰਜਾਬ
ਪਟਿਆਲਾ, 14 ਜੁਲਾਈ: ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮ ਕੋਵਿਡ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਮਿਸ਼ਨ ਫ਼ਤਿਹ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਤਕਨੀਕੀ ਸਿੱਖਿਆ ਸੰਸਥਾਵਾਂ ਵੱਲੋਂ ਵੱਖ ਵੱਖ ਟੀਮਾਂ ਬਣਾਕੇ ਕੋਵਿਡ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਸਹੀ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਵਿਕਸਤ ਕੀਤੀ ਕੋਵਾ ਐਪ ਵੀ ਡਾਊਨਲੋਡ ਕਰਵਾਈ ਜਾਵੇਗੀ।
ਪ੍ਰੋ. ਅਨਟਾਲ ਨੇ ਦੱਸਿਆ ਕਿ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਦੇਖਰੇਖ ‘ਚ 16 ਜੁਲਾਈ ਨੂੰ ਦੂਸਰੀ ਵਾਰ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮ ਘਰ ਘਰ ਜਾਕੇ ਲੋਕਾਂ ਨੂੰ ਕੋਵਿਡ-19 ਸਬੰਧੀ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਬੁੱਧਵਾਰ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮ ਵੱਖ ਵੱਖ ਕਲੋਨੀਆਂ ਅਤੇ ਪਿੰਡਾਂ ‘ਚ ਜਾਕੇ ਕਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਲਾਮਬੰਦ ਕਰਨਗੇ ਅਤੇ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ, ਸਾਬਣ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨਗੇ।
ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਸਮੂਹ ਕਲਾਸ ਇੰਚਾਰਜਾਂ ਅਤੇ ਐਨ.ਐਸ.ਐਸ. ਵਿੰਗ ਵੱਲੋਂ ਆਨਲਾਈਨ ਕਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।